ਅੰਮ੍ਰਿਤਸਰ : ਅਕਾਲੀ ਦਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕ ਆਮ ਇਜਲਾਸ ਬੁਲਾਇਆ ਗਿਆ ਜਿਸ ਵਿਚ 117 ਹਲਕਿਆਂ ਦੇ 567 ਡੈਲੀਗੇਟਾਂ ਨੇ ਸਰਬਸੰਮਤੀ ਨਾਲ ਅਕਾਲੀ ਦਲ ਦਾ ਪ੍ਰਧਾਨ ਚੁਣਿਆ।
ਸੁਖਬੀਰ ਸਿੰਘ ਬਾਦਲ ਨੂੰ ਦੁਬਾਰਾ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਗਿਆ ਹੈ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦੇ ਨਾਮ ਦਾ ਪ੍ਰਸਤਾਵ ਰੱਖਿਆ, ਜਿਸ ਤੋਂ ਬਾਅਦ ਪਰਮਜੀਤ ਸਰਨਾ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ ਅਤੇ ਸਾਰਿਆਂ ਨੇ ਹੱਥ ਖੜ੍ਹੇ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਦੁਬਾਰਾ ਪ੍ਰਧਾਨ ਚੁਣਿਆ।
ਇਜਲਾਸ ਵਿੱਚ ਸੁਖਬੀਰ ਬਾਦਲ ਦੀ ਪਤਨੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਦਲਜੀਤ ਸਿੰਘ ਚੀਮਾ ਅਤੇ ਸੀਨੀਅਰ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਸਮੇਤ ਪੰਜਾਬ ਦੇ ਉੱਘੇ ਅਕਾਲੀ ਆਗੂ ਸ਼ਾਮਿਲ ਸਨ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸਰਬਸੰਮਤੀ ਨਾਲ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਗਿਆ ਹੈ। ਸਰਬਸੰਮਤੀ ਨਾਲ ਲਿਆ ਗਿਆ ਇਹ ਫ਼ੈੈਸਲਾ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਅਤੇ ਉਨ੍ਹਾਂ ਦੀ ਭੂਮਿਕਾ ਵਿੱਚ ਪਾਰਟੀ ਦੇ ਨਿਰੰਤਰ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ, “ਪੰਜਾਬ ਦੇ ਵਿਕਾਸ ਪੁਰਸ਼ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ‘ਤੇ ਵਧਾਈਆਂ। ਸੁਖਬੀਰ ਸਿੰਘ ਬਾਦਲ ਪੰਥ ਅਤੇ ਪੰਜਾਬ ਦੇ ਹੱਕਾਂ ਦੀ ਮਜ਼ਬੂਤੀ ਨਾਲ ਰਾਖੀ ਕਰਨ ਅਤੇ ਪੰਜਾਬ ਨੂੰ ਦੁਬਾਰਾ ਖੁਸ਼ਹਾਲ ਬਣਾਉਣ।”